* ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਮਿਲ ਕੇ ਟੀਕਾਕਰਨ ਕਰਵਾਉਣ ਲਈ ਕਰ ਰਹੇ ਹਨ ਜਾਗਰੂਕ
* ਰਾਧਾ ਸੁਆਮੀ ਸਤਿਸੰਗ ਘਰ ‘ਚ ਪ੍ਰਬੰਧਕਾਂ ਨਾਲ ਕੀਤੀ ਮੁਲਾਕਾਤ, ਸੈਂਪਲਿੰਗ ਤੇ ਟੀਕਾਕਰਨ ਲਈ ਕੀਤਾ ਪ੍ਰੇਰਿਤ
* ਕੀਮਤੀ ਜਾਨਾਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣਾ ਵੀ ਮਨੁੱਖਤਾ ਦੀ ਸੇਵਾ: ਮਹਿੰਦਰ ਪਾਲ
* ਕੋਵਿਡ ਵੈਕਸੀਨੇਸ਼ਨ ਕੈਂਪ ਦੌਰਾਨ 139 ਸ਼ਰਧਾਲੂਆਂ ਨੇ ਟੀਕਾਕਰਨ ਕਰਵਾਇਆ
ਮਾਨਸਾ, 14 ਅਪ੍ਰੈਲ (ਗੁਰਜੀਤ ਸੰਧੂ) : ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਵੈਕਸੀਨੇਸ਼ਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਖੁਦ ਕਮਾਨ ਸੰਭਾਲ ਲਈ ਹੈ ਅਤੇ ਡਿਪਟੀ ਕਮਿਸ਼ਨਰ ਵੱਲੋਂ ਖੁਦ ਨਿੱਜੀ ਤੌਰ ‘ਤੇ ਵੱਖ ਵੱਖ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਕੋਲ ਪਹੁੰਚ ਬਣਾਉਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਅਧਿਕਾਰੀਆਂ ਨਾਲ ਨਿਯਮਤ ਤੌਰ ‘ਤੇ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਰਾਧਾ ਸੁਆਮੀ ਸਤਿਸੰਗ ਘਰ, ਸੈਂਟਰ ਮਾਨਸਾ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਸੈਂਟਰ ਦੇ ਸਕੱਤਰ ਸ਼੍ਰੀ ਦਵਿੰਦਰ ਕੁਮਾਰ ਨਾਲ ਕੋਵਿਡ ਦੀ ਸੈਂਪਲਿੰਗ ਅਤੇ ਟੀਕਾਕਰਨ ਸਬੰਧੀ ਵਿਸਥਾਰ ਵਿੱਚ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਮੁਹਿੰਮ ਨੂੰ ਡੇਰੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਫ਼ਲ ਬਣਾਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲਦਾ ਹੈ ਅਤੇ ਅਜਿਹੇ ਵੇਲੇ ਜਿਥੇ ਸਿਹਤ ਸਲਾਹਾਂ ਦੀ ਪਾਲਣਾ ਹਰੇਕ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣ ਜਾਂਦੀ ਹੈ ਉਥੇ ਹੀ ਕੀਮਤੀ ਜਾਨਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਮੇਂ ਸਮੇਂ ‘ਤੇ ਸੈਂਪਲਿੰਗ ਕਰਵਾਉਣਾ ਅਤੇ ਟੀਕਾਕਰਨ ਕਰਵਾਉਣਾ ਵੀ ਮਨੁੱਖਤਾ ਦੀ ਸੇਵਾ ਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਰੱਖਦੇ ਹੋਏ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ 45 ਸਾਲ ਤੋਂ ਵੱਧ ਉਮਰ ਵਰਗ ਦੇ ਹਰੇਕ ਨਾਗਰਿਕ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਮੂਹ ਸਰਕਾਰੀ ਹਸਪਤਾਲਾਂ ਵਿਖੇ ਟੀਕਾਕਰਨ ਕਰਵਾਉਣ ਲਈ ਮਿਆਰੀ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਵਿਖੇ ਹਰੇਕ ਸਬ ਡਵੀਜ਼ਨ ਦੇ ਪੱਧਰ ‘ਤੇ ਰੋਜ਼ਾਨਾ ਔਸਤਨ 5 ਤੋਂ 10 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਛੇਤੀ ਤੋਂ ਛੇਤੀ ਇਸ ਉਮਰ ਵਰਗ ਦੀ ਆਬਾਦੀ ਨੂੰ ਟੀਕਾਕਰਨ ਦੇ ਦਾਇਰੇ ਅਧੀਨ ਲਿਆਂਦਾ ਜਾ ਸਕੇ। ਇਸ ਦੌਰਾਨ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਤਾਇਨਾਤ ਹਨ ਅਤੇ ਵੱਖ-ਵੱਖ ਥਾਈਂ ਸੈਂਪਲਿੰਗ ਤੇ ਟੀਕਾਕਰਨ ਦੀ ਪ੍ਰਕਿਰਿਆ ਜਾਰੀ ਹੈ।
ਸਤਿਸੰਗ ਸੈਂਟਰ ਦੇ ਸਕੱਤਰ ਸ਼੍ਰੀ ਦਵਿੰਦਰ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਅੱਜ ਐਸ.ਐਮ.ਓ ਡਾ. ਹਰਚੰਦ ਸਿੰਘ ਦੀ ਅਗਵਾਈ ਹੇਠਲੀ ਟੀਮ ਵੱਲੋਂ ਲਗਾਏ ਗਏ ਕੋਵਿਡ ਵੈਕਸੀਨੇਸ਼ਨ ਕੈਂਪ ਦੌਰਾਨ 139 ਸ਼ਰਧਾਲੂਆਂ ਵੱਲੋਂ ਟੀਕਾਕਰਨ ਕਰਵਾਇਆ ਗਿਆ।