कोविड -19ताज़ा खबरपंजाब

ਕੋਵਿਡ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ : DC ਅਪਨੀਤ ਰਿਆਤ

ਹੁਸ਼ਿਆਰਪੁਰ, 22 ਅਪ੍ਰੈਲ (ਜਸਵੀਰ ਸਿੰਘ ਪੁਰੇਵਾਲ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਾਉਣ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਐਫ.ਆਈ.ਆਰ. ਦਰਜ ਕਰਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕੋਵਿਡ ਦਾ ਇਲਾਜ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੈਕਟਰ ਵਾਈਜ ਬਣਾਈਆਂ ਗਈਆਂ ਟੀਮਾਂ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀ ਰੋਜ਼ਾਨਾ ਰਾਤ 8 ਵਜੇ ਤੋਂ ਬਾਅਦ ਸਾਂਝੇ ਤੌਰ ’ਤੇ ਆਪਣੇ ਆਪਣੇ ਏਰੀਏ ਵਿੱਚ ਗਸ਼ਤ ਕਰਨਗੇ ਅਤੇ ਜ਼ਿਲ੍ਹੇ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੀ ਪੂਰੀ ਤਰ੍ਹਾਂ ਪਾਲਣਾ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਕਿਤੇ ਵੀ ਤੈਅ ਸੀਮਾ ਤੋਂ ਵੱਧ ਇਕੱਠ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੇ ਰਾਜਨੀਤਿਕ ਇਕੱਠ ਅਤੇ ਖੇਡ ਗਤੀਵਿਧੀਆਂ ’ਤੇ ਵੀ ਪੂਰਨ ਪਾਬੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਸਬੰਧੀ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ 1279 ਲੋਕਾਂ ਖਿਲਾਫ਼ 923 ਐਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਸਿਹਤ ਪ੍ਰੋਟੋਕੋਲ ਦਾ ਪਾਲਣਾ ਕਰਨ ਵਾਲੇ 59,138 ਲੋਕਾਂ ਦੇ ਚਲਾਨ ਕਰਕੇ ਉਨ੍ਹਾਂ ਤੋਂ 3,41,64,400 ਰੁਪਏ ਜੁਰਮਾਨਾ ਵਸੂਲਿਆ ਜਾ ਚੁੱਕਿਆ ਹੈ।

ਡਿਪਟੀ ਕਮਿਸ਼ਨਰ ਨੇ ਕੋਵਿਡ ਦਾ ਇਲਾਜ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਤੋਂ ਉਨ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਨੂੰ ਕੋਵਿਡ ਦੇ ਇਲਾਜ ਸਬੰਧੀ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਕਸੀਜਨ ਅਤੇ ਕੋਵਿਡ ਦੇ ਇਲਾਜ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਦਵਾਈਆਂ ਜਾਂ ਉਪਕਰਨ ਦੀ ਕੋਈ ਘਾਟ ਨਹੀਂ ਹੈ, ਇਸ ਸਬੰਧੀ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਯਕੀਨੀ ਬਣਾ ਲਏ ਗਏ ਸਨ।
ਅਪਨੀਤ ਰਿਆਤ ਨੇ ਜੋਨਲ ਡਰੱਗ ਕੰਟਰੋਲ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਤੇ ਵੀ ਆਕਸੀਜਨ ਦੀ ਨਾਨ ਮੈਡੀਕਲ ਸਪਲਾਈ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਹੋਲਸੇਲਰ ਅਤੇ ਰੀਟੇਲਰ ਮੈਡੀਕਲ ਸਟੋਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੋਵਿਡ ਸਬੰਧੀ ਦਵਾਈਆਂ, ਮਾਸਕ, ਐਂਟੀਬਾਇਓਟਿਕ ਦੀ ਲੋੜ ਤੋਂ ਵੱਧ ਸਟੋਰੇਜ ਨਾ ਕਰਨ ਅਤੇ ਜੋਨਲ ਡਰੱਗ ਕੰਟਰੋਲਰ ਰੋਜ਼ਾਨਾ ਚੈਕਿੰਗ ਕਰਕੇ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਯੋਗ ਮਾਤਰਾ ਵਿੱਚ ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਉਪਲਬੱਧ ਹੈ ਅਤੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਤੋਂ ਇਲਾਵਾ ਵੱਖ-ਵੱਖ ਸਥਾਨਾਂ ’ਤੇ ਕੈਂਪ ਲਗਾ ਕੇ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2 ਲੱਖ ਤੋਂ ਵੱਧ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਵੈਕਸੀਨੇਸ਼ਨ ਜ਼ਰੂਰ ਕਰਵਾਉਣ।
ਇਸ ਮੌਕੇ ’ਤੇ ਐਸ.ਪੀ ਰਮਿੰਦਰ ਸਿੰਘ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਹਾਇਕ ਕਮਿਸ਼ਨਰ ਕਰ ਜਤਿੰਦਰ ਕੌਰ, ਸਹਾਇਕ ਕਮਿਸ਼ਨਰ ਆਬਕਾਰੀ ਅਵਤਾਰ ਸਿੰਘ ਕੰਗ, ਡਾ. ਅਨੂਪ ਕੁਮਾਰ, ਡਾ. ਰਵਜੋਤ, ਡਾ. ਅਮਨ ਕਪੂਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧ ਵੀ ਮੌਜੂਦ ਸਨ।

Related Articles

Leave a Reply

Your email address will not be published.

Back to top button