ਬਠਿੰਡਾ, 24 ਅਪ੍ਰੈਲ (ਸੁਰੇਸ਼ ਰਹੇਜਾ) : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਦੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਚ ਕਰੀਬ 540810 ਮੀਟਿ੍ਰਕ ਟਨ ਕਣਕ ਦੀ ਆਮਦ ਅਤੇ 471623 ਮੀਟਿ੍ਰਕ ਟਨ ਕਣਕ ਦੀ ਖਰੀਦ ਹੋਈ ਹੈ। ਇਸ ਤੋਂ ਇਲਾਵਾ 250675 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਹੋਈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲੇ ਵਿਚਲੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਹਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਦੌਰਾਨ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਲਾਗ ਤੋਂ ਬਚਾਇਆ ਜਾ ਸਕੇ।
ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 148928 ਮੀਟਿ੍ਰਕ ਟਨ, ਮਾਰਕਫੈਡ ਨੇ 107300 ਮੀਟਿ੍ਰਕ ਟਨ, ਪਨਸਪ ਨੇ 119025 ਮੀਟਿ੍ਰਕ ਟਨ, ਵੇਅਰ ਹਾਊਸ ਨੇ 81545 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਨੇ 14825 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਬਰਸਾਤ ਦੇ ਮੱਦੇਨਜ਼ਰ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਵਾਸਤੇ ਸਬੰਧਤ ਜ਼ਿਲਾ ਮੰਡੀ ਅਫ਼ਸਰ ਅਤੇ ਖਰੀਦ ਏਜੰਸੀਆ ਦੇ ਜ਼ਿਲਾ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆੜਤੀਆਂ ਨਾਲ ਸੰਪਰਕ ਕਰਕੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆ ਤਰਪਾਲਾਂ ਆਦਿ ਦੇ ਢੁਕਵੇਂ ਪ੍ਰਬੰਧ ਰੱਖਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕੋਈ ਦਿੱਕਤ ਨਾ ਆਵੇ।
ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।