ਜ਼ਿਲੇ ਵਿੱਚ ਬੈੱਡ ਕਪੈਸਿਟੀ ਅਤੇ ਆਕਸੀਜਨ ਗੈਸ ਦੀ ਨਹੀਂ ਹੈ ਕੋਈ ਸਮੱਸਿਆ
ਮੀਟਿੰਗ ਦੌਰਾਨ ਕੋਵਿਡ 19 ਸਬੰਧੀ ਪ੍ਰਬੰਧਾਂ ਦੀ ਕੀਤੀ ਸਮੀਖਿਆ
ਬਠਿੰਡਾ, 6 ਮਈ (ਸੁਰੇਸ਼ ਰਹੇਜਾ) : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਓੂ ਮੀਟਿੰਗ ਕੀਤੀ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰਿਵਿਊ ਮੀਟਿੰਗ ਦੌਰਾਨ ਉਨਾਂ ਕੋਵਿਡ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦੇ ਇੰਚਾਰਜਾਂ ਕੋਲੋਂ ਕਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਰੋਜ਼ਾਨਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਕੋਵਿਡ ਸਬੰਧੀ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵੈਕਸੀਨੇਸ਼ਨ, ਸੈਂਪਲਿੰਗ, ਆਕਸੀਜਨ ਗੈਸ ਅਤੇ ਲੈਵਲ 2 ਅਤੇ 3 ਦੇ ਬੈੱਡਾਂ ਦੀ ਸਥਿਤੀ ਬਾਰੇ ਸਬੰਧਤ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਉਨਾਂ ਦੱਸਿਆ ਕਿ ਜ਼ਿਲੇ ਅੰਦਰ ਇਸ ਸਮੇਂ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲੇ ਦੇ ਹਸਪਤਾਲਾਂ ਵਿੱਚ ਲੈਵਲ 2 ਤੇ 3 ਬੈੱਡਾਂ ਤੋਂ ਇਲਾਵਾ ਆਕਸੀਜਨ ਸਿਲੰਡਰਾਂ ਦੀ ਕੋਈ ਸਮੱਸਿਆ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਖਾਸ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਖੰਘ, ਬੁਖ਼ਾਰ, ਖਾਂਸੀ, ਸਾਹ ਜਾਂ ਗਲੇ ਆਦਿ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਰਕਾਰੀ ਸਿਹਤ ਕੇਂਦਰਾਂ ਵਿੱਚ ਜਾ ਕੇ ਆਪਣੀ ਸੈਂਪਲਿੰਗ ਕਰਵਾਉਣੀ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਸੈਂਪਲਿੰਗ ਕਰਵਾਉਣ ਵਿੱਚ ਕੀਤੀ ਗਈ ਦੇਰੀ ਜ਼ਿਆਦਾ ਖਤਰਨਾਕ ਹੈ। ਇਸ ਲਈ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕੋਰੋਨਾ ਸੈਂਪਲਿੰਗ ਕਰਵਾਉਣ ਵਿੱਚ ਭੋਰਾ ਵੀ ਢਿੱਲ-ਮੱਠ ਨਾ ਕੀਤੀ ਜਾਵੇ। ਉਨਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਿਨਾਂ ਕਿਸੇ ਜ਼ਰੂਰੀ ਅਤੇ ਖ਼ਾਸ ਕੰਮ ਤੋਂ ਘਰੋਂ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲੇ ਅੰਦਰ ਪੈਂਦੇ ਇੰਟਰ ਸਟੇਟ ਨਾਕਿਆਂ ‘ਤੇ ਲਗਾਤਾਰ ਪੂਰੀ ਸਖਤੀ ਅਤੇ ਚੌਕਸੀ ਵਰਤੀ ਜਾਵੇ। ਜ਼ਿਲੇ ਵਿੱਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਦਿੱਤੀ ਜਾਵੇ ਜਿਨਾਂ ਦੀ ਕਰੋਨਾ ਨੈਗੇਟਿਵ ਰਿਪੋਰਟ 72 ਘੰਟਿਆਂ ਤੋਂ ਜ਼ਿਆਦਾ ਪੁਰਾਣੀ ਨਾ ਹੋਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਕੰਵਲਜੀਤ ਸਿੰਘ, ਜਨਰਲ ਮੈਨੇਜ਼ਰ ਜ਼ਿਲਾ ਉਦਯੋਗ ਸ਼੍ਰੀ ਪ੍ਰੀਤਮਹਿੰਦਰ ਸਿੰਘ ਬਰਾੜ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਡੀ.ਐਸ.ਪੀ. ਸ਼੍ਰੀ ਜਸਪਾਲ ਸਿੰਘ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਕੋਵਿਡ ਸੈਲ ਦੇ ਜ਼ਿਲਾ ਇੰਚਾਰਜ ਸ੍ਰੀ ਮਨਪ੍ਰੀਤ ਸਿੰਘ ਅਰਸ਼ੀ, ਪੇਂਡੂ ਖੇਤਰ ਵਿੱਚ ਲੱਗਣ ਵਾਲੇ ਕਰੋਨਾ ਕੈਂਪਾਂ ਦੇ ਇੰਚਾਰਜ ਸ਼੍ਰੀ ਅਭਿਨਵ ਅਤੇ ਕਰੋਨਾ ਡਾਟਾ ਸੈੱਲ ਦੇ ਇੰਚਾਰਜ ਸ੍ਰੀ ਨਵੀਨ ਗਡਵਾਲ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।