ਅਪੀਲ, ਖੰਘ, ਬੁਖਾਰ, ਜੁਕਾਮ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਕਰਵਾਉਣ ਟੈਸਟ
ਮੀਟਿੰਗ ਦੌਰਾਨ ਕਰੋਨਾ ਸਬੰਧੀ ਪ੍ਰਬੰਧਾਂ ਦੀ ਕੀਤੀ ਸਮੀਖਿਆ
ਬਠਿੰਡਾ, 28 ਮਈ (ਸੁਰੇਸ਼ ਰਹੇਜਾ) : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਤੇ ਇਸ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਕੋਲੋਂ ਜ਼ਿਲੇ ’ਚ ਘਰੇਲੂ ਇਕਾਂਤਵਾਸ, ਕਰੋਨਾ ਟੈਸਟਿੰਗ, ਆਕਸੀਜਨ ਗੈਸ ਅਤੇ ਲੈਵਲ-2 ਤੇ ਲੈਵਲ-3 ਦੇ ਬੈੱਡਾਂ ਦੀ ਸਥਿਤੀ ਨੂੰ ਬਾਰੀਕੀ ਨਾਲ ਵਾਚਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਕੀਤੀ ਜਾ ਰਹੀ ਕਰੋਨਾ ਟੈਸਟਿੰਗ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਟੈਸਟਿੰਗ ਵਿਚ ਤੇਜ਼ੀ ਲਿਆਉਂਦਿਆਂ 10 ਜੂਨ ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ 100 ਫ਼ੀਸਦੀ ਟੈਸਟਿੰਗ ਮੁਕੰਮਲ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਆਕਸੀਜਨ ਦੀ ਜ਼ਿਲ੍ਹੇ ਅੰਦਰ ਕੋਈ ਸਮੱਸਿਆ ਨਹੀਂ ਹੈ ਪਰ ਫ਼ਿਰ ਵੀ ਹਸਪਤਾਲਾਂ ਵਿਚ ਆਕਸੀਜਨ ਗੈਸ ਦੀ ਵਰਤੋਂ ’ਤੇ ਨਿਗਰਾਨੀ ਰੱਖੀ ਜਾਵੇ ਤਾਂ ਜੋ ਕੋਈ ਵੀ ਹਸਪਤਾਲ ਇਸ ਨੂੰ ਸਟੋਰ ਨਾ ਕਰ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਜੇਕਰ ਉਨਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਆਪਣੇ ਟੈਸਟ ਕਰਵਾਉਣ। ਜੇਕਰ ਕੋਈ ਵਿਅਕਤੀ ਕਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਨਹੀਂ ਸਗੋਂ ਹੌਂਸਲੇ ਨਾਲ ਇਲਾਜ ਦੀ ਜ਼ਰੂਰਤ ਹੈ। ਇਸ ਨਾਲ ਜਿੱਥੇ ਉਹ ਮੁੱਢਲੇ ਪੜਾਅ ’ਤੇ ਹੀ ਇਸ ਬਿਮਾਰੀ ਤੇ ਕਾਬੂ ਪਾ ਸਕਦੇ ਹਨ, ਉੱਥੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਭਿਆਨਕ ਬਿਮਾਰੀ ਤੋਂ ਬਚਾਅ ਸਕਣਗੇ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸ੍ਰੀ ਬਬਨਦੀਪ ਸਿੰਘ ਵਾਲੀਆ, ਡਾ. ਯਾਦਵਿੰਦਰ ਸਿੰਘ, ਡਰੱਗ ਇੰਸਪੈਕਟਰ ਸ਼੍ਰੀ ਰਮਨਦੀਪ ਗੁਪਤਾ, ਸ਼੍ਰੀ ਗੁਣਦੀਪ ਬਾਂਸਲ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡਾਟਾ ਸੈੱਲ ਦੇ ਇੰਚਾਰਜ ਸ੍ਰੀ ਨਵੀਨ ਗਡਵਾਲ ਤੋਂ ਇਲਾਵਾ ਘਰੇਲੂ ਇਕਾਂਤਵਾਸ ਦੇ ਜ਼ਿਲਾ ਇੰਚਾਰਜ ਸ਼੍ਰੀ ਗੁਰਦੀਪ ਸਿੰਘ ਮਾਨ ਤੇ ਹੋਰ ਵੱਖ-ਵੱਖ ਕਰੋਨਾ ਸੈੱਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।