ਬਠਿੰਡਾ 28, ਮਈ(ਸੁਰੇਸ਼ ਰਹੇਜਾ) :ਗੁਟਕਾ ਸਾਹਿਬ ਦੀ ਬੇਅਦਬੀ ਦੀ ਮੁੜ ਘਟਨਾ ਵਾਪਰੀ ਹੈ। ਇੱਥੇ ਸਰਹਿੰਦ ਨਹਿਰ ਕਿਨਾਰੇ ਗੁਟਕਾ ਸਾਹਿਬ ਦੇ ਪਾੜੇ ਹੋਏ ਅੰਗ ਮਿਲੇ ਹਨ। ਪੰਥਕ ਜਥੇਬੰਦੀਆਂ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਪ੍ਰਤੀ ਰੋਸ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਭੇਜੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਲੀਡਰ ਮਹਿੰਦਰ ਸਿੰਘ ਖ਼ਾਲਸਾ ਨੇ ਸੂਚਨਾ ਮਿਲਣ ‘ਤੇ ਪਾੜੇ ਹੋਏ ਅੰਗ ਇਕੱਤਰ ਕਰਕੇ ਗੁਰਦੁਆਰਾ ਸਾਹਿਬ ਪਹੁੰਚਾਏ ਤੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਮਾਮਲੇ ਪ੍ਰਤੀ ਪੁਲਿਸ ਨੇ ਢਿੱਲੀ ਕਾਰਗੁਜ਼ਾਰੀ ਕਰਕੇ ਪੰਥਕ ਜਥੇਬੰਦੀਆਂ ਵਿੱਚ ਰੋਸ ਹੈ।
ਸੂਚਨਾ ਮਿਲਣ ਮਗਰੋਂ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਦਲ ਖਾਲਸਾ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਪਹੁੰਚੇ। ਉਨ੍ਹਾਂ ਇਸ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਇਹ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ ਹਨ ਪਰ ਹੈਰਾਨਗੀ ਦੀ ਗੱਲ ਹੈ ਕਿ ਸਰਕਾਰ ਇਨ੍ਹਾਂ ਘਟਨਾਵਾਂ ਪ੍ਰਤੀ ਚਿੰਤਤ ਨਹੀਂ। ਉਨ੍ਹਾਂ ਅੱਜ ਦੀ ਘਟਨਾ ਤੇ ਬਠਿੰਡਾ ਦੀ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦਿਆਂ ਮੁੱਖ ਮੰਤਰੀ ਤੋਂ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਤੇ ਘਟਨਾ ਪਿੱਛੇ ਸਾਜਿਸ਼ ਕਰਤਾ ਦੇ ਚਿਹਰੇ ਬੇਨਕਾਬ ਕੀਤੇ ਜਾਣ।
ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਮੌਕੇ ਦਾ ਜਾਇਜ਼ਾ ਲਿਆ। ਦੂਜੇ ਪਾਸੇ ਡੀਐਸਪੀ ਅਸ਼ਵੰਤ ਨੇ ਕਿਹਾ ਕਿ ਸੂਚਨਾ ਮਿਲੀ ਸੀ ਤੇ ਸਾਰਾ ਕੁਝ ਦੇਖ ਬਿਆਨ ਦਰਜ ਕਰ ਲਏ ਹਨ। ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜਲਦ ਦੋਸ਼ੀਆਂ ਨੂੰ ਫੜਿਆ ਜਾਵੇਗਾ।