ਮਾੜੇ ਅਨਸਰਾਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ : DSP ਗਿੱਲ
ਸਮਾਜ ਵਿਰੋਧੀ ਅਨਸਰਾਂ ਦਾ ਪਤਾ ਚੱਲਣ ‘ਤੇ ਤੁਰੰਤ ਪੁਲਿਸ ਨੂੰ ਕੀਤਾ ਜਾਵੇ ਸੂਚਿਤ : SHO
ਤਰਨਤਾਰਨ, 02 ਅਗਸਤ (ਰਾਕੇਸ਼ ਨਈਅਰ) : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਐਸ.ਐਸ.ਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ-ਇੰਸਪੈਕਟਰ ਵਿਨੋਦ ਸ਼ਰਮਾ ਵਲੋਂ ਡੀ.ਐਸ.ਪੀ ਤਰਨਤਾਰਨ ਹਰਿੰਦਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਦੇਰ ਰਾਤ ਤੱਕ ਨਾਕੇਬੰਦੀ ਕੀਤੀ ਗਈ।ਇਸ ਦੌਰਾਨ ਜਿਥੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਕਈ ਵਾਹਨਾਂ ਦੇ ਚਲਾਨ ਕੱਟੇ ਗਏ,ਉਥੇ ਕਈਆਂ ਨੂੰ ਚੇਤਾਵਨੀ ਦਿੱਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਮਾੜੇ ਅਨਸਰਾਂ ਦੇ ਮਨ ਅੰਦਰ ਪੁਲਿਸ ਦਾ ਡਰ ਪੈਦਾ ਕਰਨ ਲਈ ਗਸ਼ਤ ਅਤੇ ਵਿਸ਼ੇਸ਼ ਨਾਕੇਬੰਦੀ ਕਰਕੇ ਜਿਥੇ ਅਜਿਹੇ ਬੁਰੇ ਅਨਸਰਾਂ ਨੂੰ ਨੱਥ ਪਾਈ ਜਾਵੇਗੀ,ਉਥੇ ਆਮ ਲੋਕਾਂ ਦੇ ਮਨਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਕੀਤੀ ਜਾਵੇਗੀ।ਇਸ ਦੌਰਾਨ ਡੀਐਸਪੀ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਦਸਤਾਵੇਜ਼ਾਂ ਦੀ ਕਮੀ ਵਾਲੇ ਕਿਸੇ ਵੀ ਵਾਹਨ ਚਾਲਕ ਦਾ ਲਿਹਾਜ਼ ਨਹੀਂ ਕੀਤਾ ਜਾਵੇਗਾ।ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਪੁਲਿਸ ਵਲੋਂ ਅਜਿਹੇ ਅਨਸਰਾਂ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ ਅਤੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਦੌਰਾਨ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਸਬ ਇੰਸਪੈਕਟਰ ਵਿਨੋਦ ਸ਼ਰਮਾ ਵਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ।ਇਸ ਤੋਂ ਇਲਾਵਾ ਕਿਸੇ ਵੀ ਸਮਾਜ ਵਿਰੋਧੀ ਅਨਸਰ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ,ਜੋ ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਐਕਸ਼ਨ ਲਿਆ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ਏ.ਐਸ.ਆਈ ਕੁਲਵਿੰਦਰ ਸਿੰਘ, ਏ.ਐਸ.ਆਈ ਸੁਖਵਿੰਦਰ ਸਿੰਘ, ਏ.ਐਸ.ਆਈ ਬਿੱਕਰ ਸਿੰਘ, ਏ.ਐਸ.ਆਈ ਗੁਰਮੁਖ ਸਿੰਘ,ਹੈੱਡ ਕਾਂਸਟੇਬਲ ਪ੍ਰਭਜੀਤ ਸਿੰਘ,ਚਰਨਜੀਤ ਸਿੰਘ,ਜਬਰਜੰਗ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।